ਚੰਡੀਗੜ੍ਹ, 5 ਜਨਵਰੀ 2026
ਪੰਜਾਬ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇੱਥੇ ਟੈਗੋਰ ਥੀਏਟਰ ਵਿਖੇ ਸਿੱਖਿਆ ਵਿਭਾਗ ਦੇ 606 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਨਾਲ ਪੰਜਾਬ ਵਿੱਚ ਪਹਿਲੀ ਵਾਰ ਚਾਰ ਸਾਲਾਂ ਵਿੱਚ ਨੌਜਵਾਨਾਂ ਨੂੰ 61,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲਣ ਦਾ ਨਵਾਂ ਰਿਕਾਰਡ ਕਾਇਮ ਹੋਇਆ ਹੈ।
ਇਹਨਾ ਉਮੀਦਵਾਰਾਂ ਵਿੱਚ 385 ਸਪੈਸ਼ਲ ਐਜੂਕੇਟਰ ਟੀਚਰ, 157 ਪ੍ਰਾਇਮਰੀ ਟੀਚਰ, 8 ਪ੍ਰਿੰਸੀਪਲ ਅਤੇ ਤਰਸ ਦੇ ਆਧਾਰ ’ਤੇ ਭਰਤੀ ਹੋਏ 56 ਮੁਲਾਜ਼ਮ ਹਨ।
ਨਵ-ਨਿਯੁਕਤ ਉਮੀਦਵਾਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਸਾਰੀਆਂ ਨੌਕਰੀਆਂ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ ਅਤੇ ਕਦੇ ਵੀ ਕਿਸੇ ਨਿਯੁਕਤੀ ਨੂੰ ਅਦਾਲਤੀ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਅਪ੍ਰੈਲ, 2022 ਤੋਂ ਸਰਕਾਰੀ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ ਅਤੇ ਹੁਣ ਤੱਕ 61281 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਅੱਜ ਵੀ ਉਹ ਸਮਾਂ ਯਾਦ ਹੈ ਕਿ ਜਦੋਂ ਨੌਜਵਾਨ ਨਿਯੁਕਤੀ ਪੱਤਰ ਦੀ ਆਸ ਵਿੱਚ ਸਾਲਾਂਬੱਧੀ ਡਾਕੀਏ ਨੂੰ ਉਡੀਕਦੇ ਰਹਿੰਦੇ ਸਨ ਪਰ ਹੁਣ ਉਹ ਦੌਰ ਖਤਮ ਹੋ ਗਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਖੁਦ ਨਿਯੁਕਤੀ ਪੱਤਰ ਵੰਡ ਕੇ ਸਤਿਕਾਰ ਦੇ ਰਹੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਨੇ ਕਾਬਲੀਅਤ ਤੇ ਯੋਗਤਾ ਦੀ ਕਦਰ ਨਹੀਂ ਕੀਤੀ ਸਗੋਂ ਇਨ੍ਹਾਂ ਸਰਕਾਰਾਂ ਨੇ ਆਪਣੇ ਪੁੱਤ-ਭਤੀਜਿਆਂ ਅਤੇ ਚਹੇਤਿਆਂ ਨੂੰ ਰਿਉੜੀਆਂ ਵਾਂਗ ਨੌਕਰੀਆਂ ਵੰਡੀਆਂ। ਇਨ੍ਹਾਂ ਸਰਕਾਰਾਂ ਨੇ ਯੋਗਤਾ ਹੋਣ ਦੇ ਬਾਵਜੂਦ ਨੌਕਰੀ ਦੀ ਉਡੀਕ ਵਿੱਚ ਭਟਕਦੇ ਨੌਜਵਾਨਾਂ ਦਾ ਦੁੱਖ-ਦਰਦ ਨਹੀਂ ਸਮਝਿਆ। ਅਸੀਂ ਚਾਰ ਸਾਲਾਂ ਵਿੱਚ ਪੰਜਾਬ ਦੇ ਹਰੇਕ ਪਿੰਡ, ਸ਼ਹਿਰ ਤੇ ਕਸਬੇ ਦੇ ਨੌਜਵਾਨ ਨੂੰ ਕਾਬਲੀਅਤ ਅਤੇ ਯੋਗਤਾ ਦੇ ਆਧਾਰ ’ਤੇ ਨੌਕਰੀ ਦਿੱਤੀ ਤਾਂ ਕਿ ਸਧਾਰਨ ਘਰਾਂ ਦੇ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਮਿਲ ਸਕੇ। ਰਵਾਇਤੀ ਪਾਰਟੀਆਂ ਦੇ ਸਿਆਸਤਦਾਨ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਅਤੇ ਚਹੇਤਿਆਂ ਨੂੰ ਹੀ ਪੰਜਾਬ ਸਮਝਦੇ ਸਨ ਪਰ ਮੇਰੇ ਲਈ ਸਾਰਾ ਪੰਜਾਬ ਹੀ ਮੇਰਾ ਪਰਿਵਾਰ ਹੈ।”
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਪੈਸ਼ਲ ਐਜੂਕੇਟਰ ਟੀਚਰਾਂ ਦਾ ਵੱਖਰਾ ਕਾਡਰ ਬਣਾਇਆ ਗਿਆ ਹੈ ਜਿਸ ਤਹਿਤ ਅੱਜ 385 ਸਪੈਸ਼ਲ ਐਜੂਕੇਟਰ ਟੀਚਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਅਤੇ ਸੈਕੰਡਰੀ ਪੱਧਰ 'ਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਨਵੇਂ ਹੁਨਰ ਸਿੱਖਣ ਲਈ ਵੱਡਾ ਲਾਭ ਹੋਵੇਗਾ। ਸਰਕਾਰੀ ਸਕੂਲਾਂ ਵਿੱਚ ਇਸ ਵੇਲੇ ਵਿਸ਼ੇਸ਼ ਲੋੜਾਂ ਵਾਲੇ ਤਕਰੀਬਨ 48000 ਬੱਚੇ ਪੜ੍ਹ ਰਹੇ ਹਨ।
ਸਪੈਸ਼ਲ ਐਜੂਕੇਟਰ ਟੀਚਰਾਂ ਨੂੰ ਮੁਖਾਤਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਤੁਹਾਡੀ ਡਿਊਟੀ ਸਿਰਫ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪੜ੍ਹਾਉਣਾ ਹੀ ਨਹੀਂ ਸਗੋਂ ਮਾਨਵਤਾ ਦੀ ਸੇਵਾ ਪ੍ਰਤੀ ਜ਼ਿੰਮੇਵਾਰੀ ਹੈ। ਤੁਸੀਂ ਇਨ੍ਹਾਂ ਬੱਚਿਆਂ ਦੇ ਭਵਿੱਖ ਲਈ ਮਾਪਿਆਂ ਨਾਲੋਂ ਵੀ ਵੱਧ ਭੂਮਿਕਾ ਅਦਾ ਕਰਨੀ ਹੈ। ਮੈਨੂੰ ਤੁਹਾਡੇ ਤੋਂ ਆਸ ਹੈ ਕਿ ਤੁਸੀਂ ਇਸ ਨੇਕ ਕਾਰਜ ਲਈ ਸਮਰਪਿਤ ਹੋ ਕੇ ਕੰਮ ਕਰੋਗੇ।”
ਨਵ-ਨਿਯੁਕਤ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਚੰਗੇ ਭਵਿੱਖ ਦੀ ਡੋਰ ਅਧਿਆਪਕ ਦੇ ਹੱਥ ਹੁੰਦੀ ਹੈ ਅਤੇ ਇਕ ਅਧਿਆਪਕ ਦਾ ਫਰਜ਼ ਆਪਣੇ ਵਿਦਿਆਰਥੀਆਂ ਦੇ ਮਨਾਂ ਨੂੰ ਗਿਆਨ ਦੀ ਰੌਸ਼ਨੀ ਨਾਲ ਰੁਸ਼ਨਾਉਣਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਹੀ ਵਿਦਿਆਰਥੀ ਦੇ ਦਿਮਾਗ ਨੂੰ ਡਾਕਟਰ, ਇੰਜੀਨੀਅਰ ਅਤੇ ਕਲਾਕਾਰ ਲਈ ਉਸੇ ਤਰ੍ਹਾਂ ਢਾਲਦਾ ਹੈ, ਜਿਵੇਂ ਇਕ ਮੂਰਤੀਕਾਰ ਆਪਣੀਆਂ ਕਲਾਕ੍ਰਿਤਾਂ ਨੂੰ ਆਕਾਰ ਦਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ, “ਅਧਿਆਪਕ ਦਾ ਬੱਚੇ ਦੇ ਜੀਵਨ ਵਿੱਚ ਬਹੁਤ ਵੱਡਾ ਰੋਲ ਹੁੰਦਾ ਹੈ। ਨਿਰਮਲ ਮਨ ’ਤੇ ਕੁਝ ਵੀ ਉਕਰ ਦਿਓ, ਸਾਰੀ ਜ਼ਿੰਦਗੀ ਮਿਟਦਾ ਨਹੀਂ।”