ਚੰਡੀਗੜ੍ਹ/ਫਗਵਾੜਾ, 8 ਜਨਵਰੀ 2026
ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕੈਂਪਸ ਵਿੱਚ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।
'ਆਪ' ਮੁਖੀ ਨੇ ਪਹਿਲੇ ਪੜਾਅ ਦੇ ਠੋਸ ਨਤੀਜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਤਸਕਰਾਂ ਵਿਰੁੱਧ ਵੱਡੇ ਪੱਧਰ 'ਤੇ ਕਾਰਵਾਈ ਕੀਤੀ, ਸਜ਼ਾ ਦਰ ਵਧਣ ਦੇ ਨਾਲ-ਨਾਲ ਯੁੱਧ ਨਸ਼ਿਆਂ ਵਿਰੁੱਧ ਵਿੱਚ ਲੋਕਾਂ ਦੀ ਸ਼ਮੂਲੀਅਤ ਵਧੀ। ਉਨ੍ਹਾਂ ਕਿਹਾ ਕਿ ਦੂਜਾ ਪੜਾਅ ਸੂਬੇ ਵਿੱਚ ਡਰੱਗ ਨੈੱਟਵਰਕ ਨੂੰ ਖਤਮ ਕਰਨ ਲਈ ਪੰਜਾਬ ਨੂੰ ਇਕਜੁਟ ਕਰੇਗਾ।
ਇਕੱਠ ਨੂੰ ਸੰਬੋਧਨ ਕਰਦੇ ਹੋਏ, 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਯੁੱਧ ਨਸ਼ਿਆਂ ਵਿਰੁੱਧ ਦੇ ਪਹਿਲੇ ਪੜਾਅ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਦੂਜਾ ਪੜਾਅ ਅੱਜ ਸ਼ੁਰੂ ਹੋ ਰਿਹਾ ਹੈ। ਪਹਿਲਾ ਪੜਾਅ 1 ਮਾਰਚ 2025 ਨੂੰ ਲਗਭਗ 10 ਮਹੀਨੇ ਪਹਿਲਾਂ ਸ਼ੁਰੂ ਕੀਤਾ ਗਿਆ ਸੀ, ਅਤੇ ਜਿਸ ਇਮਾਨਦਾਰੀ, ਸਖ਼ਤ ਮਿਹਨਤ ਅਤੇ ਦ੍ਰਿੜਤਾ ਨਾਲ ਇਸ ਨੂੰ ਲਾਗੂ ਕੀਤਾ ਗਿਆ ਸੀ, ਉਹ ਪਹਿਲਾਂ ਕਦੇ ਨਹੀਂ ਦੇਖਿਆ ਗਿਆ, ਨਾ ਸਿਰਫ਼ ਪੰਜਾਬ ਵਿੱਚ ਸਗੋਂ ਦੇਸ਼ ਭਰ ਦੇ ਕਿਸੇ ਵੀ ਸੂਬੇ ਵਿੱਚ, ਨਸ਼ਿਆਂ ਵਿਰੁੱਧ ਲੜਾਈ ਏਨੇ ਵਿਆਪਕ ਢੰਗ ਨਾਲ ਨਹੀਂ ਲੜੀ ਗਈ। ਅਜਿਹਾ ਨਹੀਂ ਹੈ ਕਿ ਨਸ਼ੇ ਸਿਰਫ਼ ਪੰਜਾਬ ਵਿੱਚ ਹੀ ਵਿਕਦੇ ਹਨ। ਹਰਿਆਣਾ, ਗੁਜਰਾਤ, ਦਿੱਲੀ ਅਤੇ ਕਈ ਹੋਰ ਸੂਬਿਆਂ ਸਮੇਤ ਬਹੁਤ ਸਾਰੇ ਸੂਬੇ ਹਨ, ਜਿੱਥੇ ਨਸ਼ੇ ਖੁੱਲ੍ਹੇਆਮ ਅਤੇ ਵੱਡੀ ਮਾਤਰਾ ਵਿੱਚ ਵਿਕਦੇ ਹਨ, ਪਰ ਉੱਥੋਂ ਦੀਆਂ ਸਰਕਾਰਾਂ ਨੂੰ ਕੋਈ ਪ੍ਰਵਾਹ ਨਹੀਂ ਹੈ।"
'ਆਪ' ਸਰਕਾਰ ਬਣਨ ਤੋਂ ਪਹਿਲਾਂ ਦੇ ਹਾਲਾਤ ਨੂੰ ਯਾਦ ਕਰਦਿਆਂ 'ਆਪ' ਮੁਖੀ ਨੇ ਅੱਗੇ ਕਿਹਾ, "ਪੰਜਾਬ ਵਿੱਚ, ਸਾਡੇ ਤੋਂ ਪਹਿਲਾਂ, ਜਦੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੱਤਾ ਵਿੱਚ ਸੀ, ਉਨ੍ਹਾਂ ਦੇ ਰਾਜ ਦੌਰਾਨ ਨਸ਼ੇ ਹਰ ਗਲੀ ਅਤੇ ਹਰ ਘਰ ਵਿੱਚ ਸਪਲਾਈ ਹੁੰਦੇ ਸਨ। ਇਹ ਉਸ ਸਮੇਂ ਸੀ ਜਦੋਂ ਪੰਜਾਬ ਨਸ਼ਿਆਂ ਵਿੱਚ ਜਕੜਿਆ ਹੋਇਆ ਸੀ ਜਿਸ ਕਰਕੇ 'ਉੜਤਾ ਪੰਜਾਬ' ਫਿਲਮ ਬਣੀ ਸੀ। ਪੰਜਾਬ ਨੇ ਨਸ਼ਿਆਂ ਨੂੰ ਘਰਾਂ ਵਿੱਚ ਦਾਖਲ ਹੁੰਦੇ ਦੇਖਿਆ, ਅਤੇ ਉਨ੍ਹਾਂ ਦੀਆਂ ਕਈ ਵੱਡੇ ਆਗੂ ਸਿੱਧੇ ਤੌਰ 'ਤੇ ਨਸ਼ੇ ਵੇਚਣ ਵਿੱਚ ਸ਼ਾਮਲ ਸਨ। ਉਸ ਤੋਂ ਬਾਅਦ, ਕੈਪਟਨ ਅਮਰਿੰਦਰ ਨੇ ਗੁਟਕਾ ਸਾਹਿਬ 'ਤੇ ਸਹੁੰ ਖਾਧੀ ਅਤੇ ਕਿਹਾ ਕਿ ਉਹ 30 ਦਿਨਾਂ ਜਾਂ 60 ਦਿਨਾਂ ਵਿੱਚ ਨਸ਼ਿਆਂ ਨੂੰ ਖਤਮ ਕਰ ਦੇਣਗੇ। ਉਨ੍ਹਾਂ ਦੀ ਸਰਕਾਰ ਪੰਜ ਸਾਲ ਚੱਲੀ ਅਤੇ ਕੁਝ ਨਹੀਂ ਕੀਤਾ ਗਿਆ। ਉਹ ਝੂਠੀਆਂ ਸਹੁੰਆਂ ਸਨ। ਉਸ ਤੋਂ ਬਾਅਦ, ਸਾਡੀ ਸਰਕਾਰ ਆਈ।"
ਹੋਰ ਵਿਸਥਾਰ ਵਿੱਚ ਦੱਸਦੇ ਹੋਏ, ਅਰਵਿੰਦ ਕੇਜਰੀਵਾਲ ਨੇ ਕਿਹਾ, "ਅਸੀਂ ਕੁਝ ਸਮਾਂ ਲਿਆ ਕਿਉਂਕਿ ਸਹੀ ਤਿਆਰੀ ਦੀ ਲੋੜ ਸੀ, ਪਰ ਪਿਛਲੇ ਸਾਲ 1 ਮਾਰਚ ਤੋਂ ਬਾਅਦ, ਜਿਸ ਦ੍ਰਿੜ੍ਹਤਾ ਅਤੇ ਹਿੰਮਤ ਨਾਲ ਅਸੀਂ ਨਸ਼ਿਆਂ ਵਿਰੁੱਧ ਕਾਰਵਾਈ ਸ਼ੁਰੂ ਕੀਤੀ, ਉਹ ਬੇਮਿਸਾਲ ਸੀ। ਬਹੁਤ ਸਾਰੇ ਲੋਕਾਂ ਨੇ ਸਾਨੂੰ ਚੇਤਾਵਨੀ ਦਿੱਤੀ ਕਿ ਨਸ਼ਾ ਤਸਕਰ ਬਹੁਤ ਖਤਰਨਾਕ ਹਨ, ਉਹ ਵੱਡੇ ਗੈਂਗਸਟਰ, ਅਪਰਾਧੀ ਅਤੇ ਗੁੰਡੇ ਹਨ, ਅਤੇ ਉਹ ਸਾਡੇ ਪਰਿਵਾਰਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਅਸੀਂ ਕਿਹਾ ਨਹੀਂ, ਅਸੀਂ ਲੋਕਾਂ ਨਾਲ ਵਾਅਦਾ ਕਰਕੇ ਆਏ ਹਾਂ ਕਿ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ ਅਤੇ ਆਪਣੇ ਬੱਚਿਆਂ ਲਈ ਇੱਕ ਚੰਗਾ ਭਵਿੱਖ ਸੁਰੱਖਿਅਤ ਕਰਾਂਗੇ।"
